ਰਾਜਪੁਰਾ, 26 ਮਈ:
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਨਗਰ ਕੌਂਸਲ ਦਫ਼ਤਰ ਵਿਖੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਧਾਇਕ ਨੀਨਾ ਮਿੱਤਲ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਅਵਿਕੇਸ਼ ਗੁਪਤਾ, ਕਾਰਜ ਸਾਧਕ ਅਫ਼ਸਰ ਅਵਤਾਰ ਚੰਦ ਸਮੇਤ ਕੌਂਸਲਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।
ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਸਫਾਈ, ਸੁੰਦਰੀਕਰਨ, ਸੜਕ ਨਿਰਮਾਣ, ਸਟਰੀਟ ਲਾਈਟਿੰਗ, ਪਾਣੀ ਦੀ ਸਪਲਾਈ ਅਤੇ ਸੀਵਰੇਜ ਪ੍ਰਬੰਧਨ, ਨਗਰ ਕੌਂਸਲ ਦੀ ਆਮਦਨ ਵਧਾਉਣ ਸਮੇਤ ਬੁਨਿਆਦੀ ਸਹੂਲਤਾਂ ਵਿੱਚ ਹੋਰ ਸੁਧਾਰਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਨ ਅਤੇ ਵਾਰਡ ਪੱਧਰ ਦੇ ਮੁੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਵਿਧਾਇਕ ਨੀਨਾ ਮਿੱਤਲ ਵੱਲੋਂ ਉਠਾਏ ਮਸਲੇ ਤੁਰੰਤ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ।
ਮੰਤਰੀ ਡਾ. ਰਵਜੋਤ ਸਿੰਘ ਨੇ ਨਿਗਮ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਮਿਲ ਕੇ ਕੰਮ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ, ਬਿਹਤਰ ਸਹੂਲਤਾਂ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਲਈ ਕੋਈ ਕੁਤਾਹੀ ਨਾ ਕਰਨ ਤੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਦੂਰ ਕਰਨ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।
ਮੰਤਰੀ ਡਾ. ਰਵਜੋਤ ਸਿੰਘ ਨੇ ਕੌਂਸਲਰਾਂ ਤੋਂ ਫੀਡਬੈਕ ਲੈਂਦਿਆਂ ਸ਼ਹਿਰ ਦੀ ਸਫਾਈ ਦੇ ਯਤਨਾਂ ਵਿੱਚ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕੀਤਾ ਕਿ ਉਹ ਰਾਜਪੁਰਾ ਦੀ ਸਫ਼ਾਈ ਦਾ ਨਿੱਜੀ ਤੌਰ ‘ਤੇ ਕਿਸੇ ਸਮੇਂ ਸਵੇਰੇ-ਸਵੇਰੇ ਆ ਕੇ ਜਾਇਜ਼ਾ ਲੈਣਗੇ।
ਮੰਤਰੀ ਨੇ ਐਮਆਰਐਫ (ਮਟੀਰੀਅਲ ਰਿਕਵਰੀ ਫੈਸਿਲਿਟੀ) ਸੈਂਟਰਾਂ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਲਾਂਟਾਂ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਕੂੜੇ ਦੇ ਪੁਰਾਣੇ ਢੇਰਾਂ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਅਧਿਕਾਰੀਆਂ ਨੂੰ ਰੋਜ਼ਾਨਾ ਗਲੀਆਂ ਦੀ ਸਫਾਈ ਯਕੀਨੀ ਬਣਾਉਣ ਲਈ ਡੰਪਿੰਗ ਸਾਈਟਾਂ ਨੂੰ ਘਟਾਉਣ ਅਤੇ ਘਰਾਂ ਤੋਂ ਕੂੜਾ ਇਕੱਠਾ ਕਰਨ ਨੂੰ ਵਧਾਉਣ ਲਈ ਠੋਸ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਡਾ. ਰਵਜੋਤ ਸਿੰਘ ਨੇ ਸ਼ਹਿਰੀ ਖੇਤਰ ਦੀ ਦਿੱਖ ਨੂੰ ਬਿਹਤਰ ਬਣਾਉਣ ਲਈ ਪੁਰਾਣੀਆਂ ਸਟਰੀਟ ਲਾਈਟਾਂ ਦੀ ਤੁਰੰਤ ਮੁਰੰਮਤ ਅਤੇ ਨਵੀਆਂ ਤੇਜ਼ੀ ਨਾਲ ਲਗਾਉਣ ‘ਤੇ ਵੀ ਜ਼ੋਰ ਦਿੱਤਾ। ਕੁੱਤਿਆਂ ਦੇ ਕੱਟਣ ਦੇ ਵਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ, ਉਨ੍ਹਾਂ ਨੇ ਨਗਰ ਕੌਂਸਲ ਨੂੰ ਨਸਬੰਦੀ ਪ੍ਰੋਗਰਾਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਅਵਾਰਾ ਕੁੱਤਿਆਂ ਦੀ ਗਿਣਤੀ ‘ਤੇ ਕੰਟਰੋਲ ਕੀਤਾ ਜਾ ਸਕੇ। ਡਾ. ਰਵਜੋਤ ਸਿੰਘ ਨੇ ਸ਼ਹਿਰੀ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਤੇ ਕਿਹਾ ਕਿ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਸਾਡੀ ਮੁਢਲੀ ਜਿੰਮੇਵਾਰੀ ਹੈ।